750 ਦੀ ਥਾਂ 1500 ਰੁਪਏ ਮਿਲੇਗੀ ਮਹੀਨਾਵਾਰ ਪੈਨਸ਼ਨ

 

ਬਠਿੰਡਾ (ਮੱਖਣ ਸਿੰਘ ਬੁੱਟਰ) : ਸੂਬਾ ਸਰਕਾਰ ਗ਼ਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਵੱਧ ਹੈ। ਸਰਕਾਰ ਵਲੋਂ ਸ਼ੁਰੂ ਕੀਤੀ ਗਈਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਲੋੜਵੰਦਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਬਜ਼ੁਰਗ, ਵਿਧਵਾ, ਬੇਸਹਾਰਾ ਬੱਚਿਆਂ ਤੇ ਦਿਵਿਆਂਗ ਲਾਭਪਾਤਰੀਆਂ ਨੂੰ ਹੁਣ 750 ਰੁਪਏ ਦੀ ਥਾਂ ਤੇ 1500 ਰੁਪਏ ਮਹੀਨਾਵਾਰ ਪੈਨਸ਼ਨ ਮੁਹੱਈਆ ਕਰਵਾਈ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਦੁੱਗਣੀ ਹੋਈ ਪੈਨਸ਼ਨ ਵੰਡ ਸਮਾਰੋਹ ਸਬੰਧੀ ਹੋਈ ਵਰਚੂਅਲ ਮੀਟਿੰਗ ਉਪਰੰਤ ਸਾਂਝੀ ਕੀਤੀ। ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ  ਜ਼ਿਲ੍ਹੇ ਅੰਦਰ ਬਜ਼ੁਰਗ, ਵਿਧਵਾ, ਬੇਸਹਾਰਾ ਬੱਚਿਆਂ ਤੇ ਦਿਵਿਆਂਗ 1,48,232 ਲਾਭਪਾਤਰੀਆਂ ਨੂੰ 750 ਰੁਪਏ ਦੀ ਥਾਂ ਤੇ 1500 ਰੁਪਏ ਮਹੀਨਾਵਾਰ ਪੈਨਸ਼ਨ ਮਿਲੇਗਾ। ਜਿਸ ਨਾਲ ਯੋਗ ਲਾਭਪਾਤਰੀਆਂ ਨੂੰ 22 ਕਰੋੜ 23 ਲੱਖ 48 ਹਜ਼ਾਰ ਰੁਪਏ ਦਾ ਲਾਹਾ ਮਿਲੇਗਾ।

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਤੋਂ ਇਲਾਵਾ ਜ਼ਿਲ੍ਹੇ ਦੇ ਪਿੰਡ ਅਕਲੀਆ, ਨੇਹੀਆਂਵਾਲਾ, ਭਗਤਾ, ਢਪਾਲੀ, ਸੇਲਬਰਾਹ, ਕਮਾਲੂ, ਸਵੈਚ, ਜੋਧਪੁਰ ਪਾਖਰ ਅਤੇ ਸੁੱਖਾ ਸਿੰਘ ਵਾਲਾ ਵਿਖੇ ਹੋਏ ਵਰਚੂਅਲ ਪ੍ਰੋਗਰਾਮ ਦੌਰਾਨ 411 ਲਾਭਪਾਤਰੀਆਂ ਨੂੰ ਚੈਕ ਮੁਹੱਈਆ ਕਰਵਾਏ ਗਏ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਦੇ ਖਾਤੇ ਵਿਚ ਦੁੱਗਣੀ ਕੀਤੀ ਗਈ ਪੈਨਸ਼ਨ ਪਾਈ ਜਾਵੇਗੀ।

ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ ਅਗਰਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ, ਕਾਂਗਰਸੀ ਆਗੂ ਸ਼੍ਰੀ ਅਰੁਣ ਵਧਾਵਨ, ਸ਼੍ਰੀਮਤੀ ਮੰਜੂ ਬਾਂਸਲ ਤੋਂ ਇਲਾਵਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ ਆਦਿ ਹਾਜ਼ਰ ਸਨ।

WhatsAppFacebookTwitterEmailShare