ਗੈਰ-ਸੰਚਾਰੀ ਬਿਮਾਰੀਆਂ ਦੀ ਵਿਸ਼ੇਸ਼ ਸਕਰੀਨਿੰਗ ਮੁਹਿੰਮ ਵਿੱਚ ਸਹਿਯੋਗ ਦੀ ਮੰਗ
ਮਹਿਲ ਕਲਾਂ, 25 ਜਨਵਰੀ (ਡਾ. ਮਿੱਠੂ ਮੁਹੰਮਦ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਅੱਜ ਸਿਵਲ ਸਰਜਨ ਡਾ. ਬਲਦੇਵ ਸਿੰਘ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ ਵੱਲੋਂ ਬਲਾਕ ਮਹਿਲ ਕਲਾਂ ਵਿਖੇ ਵੱਖ-ਵੱਖ ਪੇਂਡੂ ਸਿਹਤ, ਸਫਾਈ ਤੇ ਖੁਰਾਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਬਲਦੇਵ ਸਿੰਘ ਨੇ ਕਿਹਾ ਕਿ ਗੈਰ-ਸੰਚਾਰੀ ਬਿਮਾਰੀਆਂ (Non-Communicable Diseases – NCDs) ਦੀ ਪਛਾਣ ਅਤੇ ਰੋਕਥਾਮ ਲਈ ਇੱਕ ਵਿਸ਼ੇਸ਼ ਸਕਰੀਨਿੰਗ ਮੁਹਿੰਮ 31 ਮਾਰਚ ਤੱਕ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਵਿੱਚ ਗੈਰ-ਸੰਚਾਰੀ ਬਿਮਾਰੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ, ਜਿਸ ਨਾਲ ਰੋਗਾਂ ਦੀ ਵਧਦੀ ਦਰ ਅਤੇ ਮੌਤਾਂ ਦੀ ਗਿਣਤੀ ਵਿੱਚ ਕਮੀ ਆ ਸਕੇ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਹਾਈਪਰਟੈਂਸ਼ਨ, ਸ਼ੂਗਰ ਸਮੇਤ ਗੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਹਾਈਪਰਟੈਂਸ਼ਨ, ਸ਼ੂਗਰ, ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਦੀ ਦਰ ਤੇਜ਼ੀ ਨਾਲ ਵਧ ਰਹੀ ਹੈ। ਇਸ ਲਈ, ਸਰਕਾਰ ਨੇ ਸਮੁੱਚੇ ਸੂਬੇ ਵਿੱਚ ਇਹ ਸਕਰੀਨਿੰਗ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਡਾ. ਬਲਦੇਵ ਸਿੰਘ ਨੇ ਪੇਂਡੂ ਸਿਹਤ, ਸਫਾਈ ਤੇ ਖੁਰਾਕ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਕਰੀਨਿੰਗ ਮੁਹਿੰਮ ਲੋਕਾਂ ਨੂੰ ਆਪਣੀ ਸਿਹਤ ਬਾਰੇ ਜਾਗਰੂਕ ਕਰੇਗੀ ਅਤੇ ਉਨ੍ਹਾਂ ਨੂੰ ਵਿਸ਼ੇਸ਼ ਸਿਹਤ ਸੇਵਾਵਾਂ ਦੀ ਪਹੁੰਚ ਮਿਲੇਗੀ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ ਨੇ ਵੀ ਮੀਟਿੰਗ ਵਿੱਚ ਸ਼ਾਮਿਲ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੈਰ-ਸੰਚਾਰੀ ਰੋਗਾਂ ਲਈ ਸਕਰੀਨਿੰਗ ਮੁਹਿੰਮ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਸਿਹਤ ਕੈਂਪਾਂ, ਸਿਹਤ ਸੰਸਥਾਵਾਂ ਤੇ ਘਰ-ਘਰ ਜਾ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਟੀਮਾਂ ਨੂੰ ਇਸ ਪ੍ਰਕਿਰਿਆ ਲਈ ਵਿਸ਼ੇਸ਼ ਤਿਆਰੀ ਅਤੇ ਟ੍ਰੇਨਿੰਗ ਦਿੱਤੀ ਗਈ ਹੈ।
ਡਾ. ਪ੍ਰਵੇਸ਼ ਕੁਮਾਰ ਨੇ ਕਿਹਾ ਕਿ ਜੇਕਰ ਇਹ ਬਿਮਾਰੀਆਂ ਸਮੇਂ ਸਿਰ ਪਛਾਣੀਆਂ ਜਾ ਸਕਦੀਆਂ ਹਨ, ਤਾਂ ਉਨ੍ਹਾਂ ਦਾ ਇਲਾਜ ਅਤੇ ਰੋਕਥਾਮ ਸੰਭਵ ਹੋ ਸਕਦੀ ਹੈ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਅਤੇ ਆਪਣੇ ਇਲਾਕਿਆਂ ਵਿੱਚ ਲੋਕਾਂ ਨੂੰ ਵੀ ਇਸ ਮੁਹਿੰਮ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ, ਬਲਾਕ ਐਜੂਕੇਟਰ ਸ਼ਿਵਾਨੀ, ਐਸ.ਆਈ. ਮਦਨ, ਐਲ.ਐਚ.ਵੀ. ਬਲਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।