ਭੁਲੱਥ, (ਅਜੈ ਗੋਗਨਾ )— ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕਿਹਾ ਕਿ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੇ ਰੇਟਾਂ ਤੇ ਹੋ ਰਹੇ ਭਾਰੀ ਵਾਧੇ ਲਈ ਸਿੱਧੇ ਤੌਰ ਉਤੇ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਪਹਿਲਾਂ ਹੀ ਲੱਕ ਤੋੜਵੀਂ ਮਹਿੰਗਾਈ ਕਾਰਨ ਬੇਹੱਦ ਦੁਖੀ ਸੀ, ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਬਲਿਕ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਥਾਂ ਤੋਂ ਮਹਿੰਗਾਈ ਦੀ ਅੱਗ ਨੂੰ ਹੋਰ ਹਵਾ ਦਿੱਤੀ ਹੈ ਤੇ ਪੈਟਰੋਲ ਡੀਜ਼ਲ ਦੇ ਭਾਅ ਅਸਮਾਨ ਛੂਹ ਰਹੇ ਹਨ , ਜਿਸ ਕਰਕੇ ਜਨਤਾ ਦੁੱਖੀ, ਨਿਰਾਸ਼ ਤੇ ਪ੍ਰੇਸ਼ਾਨ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਨੂੰ ਵੱਡੇ ਵੱਡੇ ਸੁਪਨੇ ਵਿਖਾ ਕੇ ਬਹੁਤ ਵੱਡਾ ਧੋਖਾ ਦਿੱਤਾ ਹੈ, ਉੱਥੇ ਤਿੰਨ ਕਾਲੇ ਖੇਤੀਬਾੜੀ ਬਿੱਲ ਪਾਸ ਕਰਵਾ ਕੇ ਦੇਸ਼ ਭਰ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਉੱਤੇ ਡਾਕਾ ਵੀ ਮਾਰਿਆ ਹੈ, ਜਿਸ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉੱਤੇ ਆਪਣੇ ਹੱਕਾਂ ਲਈ ਅੰਦੋਲਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੈਟਰੋਲ ਦੀਆਂ ਕੀਮਤਾਂ ਵਿੱਚ ਦਿਨੋਂ-ਦਿਨ ਵਧਾ ਕੀਤਾ ਜਾ ਰਿਹਾ ਹੈ।ਜਿਸ ਕਰਕੇ ਜਨਤਾ ਤੇ ਹਾਹਾਕਾਰ ਮੱਚੀ ਹੋਈ ਹੈ, ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।