ਡਿਪਟੀ ਕਮਿਸ਼ਨਰ ਨੇ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਟਰਾਂਸਪੋਰਟ ਤੇ ਟਰੈਫਿਕ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਕੀਤੀ ਹਦਾਇਤ

* ਸੰਗਰੂਰ ਸ਼ਹਿਰ ਵਿਖੇ ਆਟੋ ਦੀ ਸੁਚੱਜੀ ਪਾਰਕਿੰਗ ਲਈ ਢੁਕਵੀਂ ਜਗਾ ਦੀ ਚੋਣ ਕਰਨ ਦੀ ਹਦਾਇਤ
*ਸੇਫ਼ ਸਕੂਲ ਵਾਹਨ ਪਾਲਸੀ ਨੂੰ ਸਫ਼ਲਤਾ ਨਾਲ ਲਾਗੂ ਕਰਨ ਦੇ ਨਿਰਦੇਸ਼

ਸੰਗਰੂਰ, : (ਸੁਰਿੰਦਰ ਸਿੰਘ ਮਾਨ /ਸਰਾਓ)
ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੁਆਰਾ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸਕੱਤਰ ਆਰ.ਟੀ.ਏ ਅਤੇ ਟਰੈਫਿਕ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਪਸੀ ਤਾਲਮੇਲ ਰੱਖਦੇ ਹੋਏ ਵਧੇਰੇ ਚੌਕਸੀ ਵਰਤੇ ਜਾਣ ਦੀ ਲੋੜ ਹੈ। ਸ਼੍ਰੀ ਜੋਰਵਾਲ ਨੇ ਕਿਹਾ ਕਿ ਸੜਕਾਂ ’ਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲਿਆਂ ਨੂੰ ਠੱਲ ਪਾਈ ਜਾਵੇ ਅਤੇ ਇਸ ਸਬੰਧੀ ਸਰਕਾਰ ਦੁਆਰਾ ਸਮੇਂ ਸਮੇਂ ’ਤੇ ਜਾਰੀ ਕੀਤੇ ਜਾਣ ਵਾਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਅਮਲ ਵਿੱਚ ਲਿਆਂਦਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੇਰ ਸਮੇਂ ਜਦੋਂ ਵਿਦਿਆਰਥੀਆਂ ਨੂੰ ਸਕੂਲ ਜਾਣ ਦੀ ਜਲਦੀ ਹੁੰਦੀ ਹੈ ਅਤੇ ਜੇਕਰ ਅਜਿਹੇ ਵੇਲੇ ਜੇਕਰ ਕੋਈ ਵਾਹਨ ਚਾਲਕ ਲਾਪਰਵਾਹੀ ਨਾਲ ਵਾਹਨ ਚਲਾਉਂਦਾ ਹੈ

ਤਾਂ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਅਜਿਹੇ ਚੌਂਕਾਂ ਜਾਂ ਸੜਕਾਂ ’ਤੇ ਵਿਸ਼ੇਸ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਜਿਥੋਂ ਸਕੂਲੀ ਵਿਦਿਆਰਥੀ ਰਸਤਾ ਪਾਰ ਕਰਦੇ ਹਨ। ਸ਼੍ਰੀ ਜੋਰਵਾਲ ਨੇ ਸੇਫ਼ ਸਕੂਲ ਵਾਹਨ ਪਾਲਸੀ ਨੂੰ ਇੰਨ ਬਿੰਨ ਲਾਗੂ ਕਰਨ ਲਈ ਲਗਾਤਾਰ ਚੈਕਿੰਗ ਮੁਹਿੰਮ ਜਾਰੀ ਰੱਖਣ ਦੀ ਹਦਾਇਤ ਵੀ ਕੀਤੀ ਤਾਂ ਜੋ ਕੋਈ ਵੀ ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਅਣਗਹਿਲੀ ਨਾ ਵਰਤ ਸਕੇ।

ਡਿਪਟੀ ਕਮਿਸ਼ਨਰ ਨੇ ਸੰਗਰੂਰ ਸ਼ਹਿਰ ਵਿਖੇ ਆਟੋ ਦੀ ਸੁਚੱਜੀ ਪਾਰਕਿੰਗ ਨੂੰ ਯਕੀਨੀ ਬਣਾਉਣ ਲਈ ਵੀ ਢੁਕਵੀਂ ਜਗਾ ਦੀ ਚੋਣ ਕਰਨ ਦੀ ਹਦਾਇਤ ਕੀਤੀ ਤਾਂ ਜੋ ਰਾਹਗੀਰਾਂ ਨੂੰ ਭਵਿੱਖ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆ ਸਕੇ। ਉਨਾਂ ਕਿਹਾ ਕਿ ਬਜ਼ਾਰਾਂ ਵਿੱਚ ਵਾਹਨਾਂ ਦੇ ਬੇਲੋੜੇ ਭੀੜ ਭੜੱਕੇ ਨੂੰ ਘਟਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾਣ ਦੀ ਲੋੜ ਹੈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਏ.ਡੀ.ਸੀ ਸ਼ਹਿਰੀ ਵਿਕਾਸ ਲਤੀਫ਼ ਅਹਿਮਦ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਭਵਾਨੀਗੜ ਵਿਨੀਤ ਕੁਮਾਰ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਡੀ.ਐਸ.ਪੀ ਪਰਮਿੰਦਰ ਸਿੰਘ, ਸਕੱਤਰ ਆਰ.ਟੀ.ਏ ਕਰਨਵੀਰ ਸਿੰਘ ਛੀਨਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।