ਕਸਬਾ ਫਤਿਹਾਬਾਦ 22 ਨਵੰਬਰ (ਅਜੈ ਬਾਵਾ) ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਭਰੋਵਾਲ ਦੇ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਧਾਰਮਿਕ ਟੂਰ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਮੈਨੇਜਿੰਗ ਡਾਇਰੈਕਟਰ ਸ੍ਰ ਤਜਿੰਦਰ ਸਿੰਘ ਨੇ ਦੱਸਿਆ ਕਿ ਇਸ ਟੂਰ ਵਿੱਚ ਸਕੂਲ ਦੀ ਤੀਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਵਿਦਿਆਰਥੀ ਆਪਣੇ ਅਧਿਆਪਕ ਸਾਹਿਬਾਨ ਦੀ ਸੁਚੱਜੀ ਰਹਿਨੁਮਾਈ ਹੇਠ ਇਸ ਯਾਤਰਾ ‘ਤੇ ਗਏ। ਅਧਿਆਪਕਾਂ ਨੇ ਟੂਰ ਦੌਰਾਨ ਵਿਦਿਆਰਥੀਆਂ ਨੂੰ ਇਤਿਹਾਸਕ ਸਥਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ।
ਸਕੂਲ ਪ੍ਰਬੰਧਕਾਂ ਵੱਲੋਂ ਇਹ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਕਿ ਸਮੁੱਚੇ ਟੂਰ ਦਾ ਖਰਚਾ ਉਨ੍ਹਾਂ ਨੇ ਆਪ ਕੀਤਾ, ਜਿਸ ਨਾਲ ਮਾਪਿਆਂ ‘ਤੇ ਕੋਈ ਵਿੱਤੀ ਬੋਝ ਨਹੀਂ ਪਿਆ। ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦੇ ਆਂ ਸੈਕਟਰੀ ਬਨਵੀਰ ਸਿੰਘ ਨੇ ਦੱਸਿਆ ਕਿ ਟੂਰ ਦੌਰਾਨ, ਵਿਦਿਆਰਥੀਆਂ ਨੂੰ ਖਾਸ ਕਰਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਨਾਲ ਜੁੜੇ ਪਾਵਨ ਅਸਥਾਨਾਂ ਦੇ ਦਰਸ਼ਨ ਕਰਵਾਏ ਗਏ। ਵਿਦਿਆਰਥੀਆਂ ਨੇ ਇਸ ਮਹਾਨ ਇਤਿਹਾਸ ਨੂੰ ਬਹੁਤ ਕਰੀਬ ਤੋਂ ਦੇਖਿਆ ਅਤੇ ਮਹਿਸੂਸ ਕੀਤਾ। ਇਸ ਯਾਤਰਾ ਨੇ ਕਿਤਾਬੀ ਗਿਆਨ ਨੂੰ ਅਸਲ ਜੀਵਨ ਨਾਲ ਜੋੜਨ ਦਾ ਕੰਮ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਬਾਰੇ ਡੂੰਘੀ ਸਮਝ ਪ੍ਰਦਾਨ ਕੀਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਨਵਜੋਤੀ ਨੇ ਦੱਸਿਆ ਕਿ ਅਜਿਹੇ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ । ਇਸ ਮੌਕੇ ਕਮੇਟੀ ਮੈਂਬਰ ਮੈਡਮ ਸੰਗੀਤ ਕੌਰ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੇ ਵਿਦਿਅਕ ਅਤੇ ਧਾਰਮਿਕ ਟੂਰ ਜਾਰੀ ਰਹਿਣਗੇ। ਵਿਦਿਆਰਥੀਆਂ ਨੇ ਇਸ ਯਾਤਰਾ ਦਾ ਭਰਪੂਰ ਆਨੰਦ ਮਾਣਿਆ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।